
ਚੰਡੀਗੜ੍ਹ: ਅਬੋਹਰ ਕਾਂਡ ਦੇ ਮੁੱਖ ਮੁਲਜ਼ਮ ਤੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਪੰਜਾਬ-ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ 19 ਜਨਵਰੀ ਨੂੰ ਹੋਈ ਸੁਣਵਾਈ ਤੋਂ ਬਾਅਦ ਆਪਣਾ ਫ਼ੈਸਲਾ ਰਾਖ਼ਵਾਂ ਰੱਖ ਲਿਆ ਸੀ। ਇਸ ਫ਼ੈਸਲੇ ਦੇ ਨਾਲ ਹੀ ਡੋਡਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਹਲਾਂਕਿ ਡੋਡਾ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜਾ ਵੀ ਖਟਖਟਾ ਸਕਦੇ ਹਨ।

ਇਸ ਤੋਂ ਪਹਿਲਾਂ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਨੇ ਮਾਮਲੇ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਫ਼ਿਲਹਾਲ ਡੋਡਾ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਇਸ ਮਾਮਲੇ ‘ਚ ਸ਼ਿਵ ਲਾਲ ਡੋਡਾ ਦਾ ਭਤੀਜਾ ਅਮਿਤ ਡੋਡਾ ਪੁਲਿਸ ਕੋਲ ਪਹਿਲਾਂ ਹੀ ਸਿਰੰਡਰ ਕਰ ਚੁੱਕਾ ਹੈ। ਮਾਮਲੇ ‘ਚ ਹੁਣ ਤੱਕ ਕਈ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ‘ਚ ਆ ਚੁੱਕੇ ਹਨ।

ਵਿਰੋਧੀਆਂ ਦਾ ਇਲਜ਼ਾਮ ਹੈ ਕਿ ਅਕਾਲੀ ਦਲ ਨਾਲ ਨਜ਼ਦੀਕੀਆਂ ਦੇ ਚੱਲਦੇ ਹੀ ਸ਼ਿਵ ਲਾਲ ਡੋਡਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਅਕਾਲੀ ਦਲ ਲਗਾਤਾਰ ਸ਼ਿਵ ਲਾਲ ਡੋਡਾ ਨਾਲ ਕਿਸੇ ਵੀ ਕਿਸਮ ਦੇ ਸਬੰਧ ਹੋਣ ਤੋਂ ਇਨਕਾਰ ਕਰ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਅਬੋਹਰ ‘ਚ ਦੋ ਨੌਜਵਾਨਾਂ ਭੀਮ ਤੇ ਜੰਟਾ ਦੇ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਫਾਰਮ ਹਾਊਸ ‘ਤੇ ਦੋ ਨੌਜਵਾਨਾਂ ਦੇ ਹੱਥ ਪੈਰ ਕੱਟ ਦਿੱਤੇ ਗਏ ਸਨ। ਘਟਨਾ ਤੋਂ ਬਾਅਦ ਜਦੋਂ ਨੌਜਵਾਨਾਂ ਨੂੰ ਅੰਮ੍ਰਿਤਸਰ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਤਾਂ ਇੱਕ ਨੌਜਵਾਨ ਭੀਮ ਟਾਂਕ ਦੀ ਮੌਤ ਹੋ ਗਈ ਸੀ।
Blogger Comment